< ਮਰਕੁਸ 1 >

1 ਪਰਮੇਸ਼ੁਰ ਦੇ ਪੁੱਤਰ ਯਿਸੂ ਮਸੀਹ ਦੀ ਖੁਸ਼ਖਬਰੀ ਦਾ ਅਰੰਭ। 2 ਜਿਵੇਂ ਯਸਾਯਾਹ ਨਬੀ ਦੀ ਪੁਸਤਕ ਵਿੱਚ ਲਿਖਿਆ ਹੋਇਆ ਹੈ, ਵੇਖ, ਮੈਂ ਆਪਣੇ ਦੂਤ ਨੂੰ ਤੇਰੇ ਅੱਗੇ ਭੇਜਦਾ ਹਾਂ ਜੋ ਤੇਰੇ ਲਈ ਰਾਹ ਤਿਆਰ ਕਰੇਗਾ, 3 ਉਜਾੜ ਵਿੱਚ ਇੱਕ ਪੁਕਾਰਨ ਵਾਲੇ ਦੀ ਅਵਾਜ਼, ਕਿ ਪ੍ਰਭੂ ਦੇ ਰਸਤੇ ਨੂੰ ਤਿਆਰ ਕਰੋ, ਅਤੇ ਉਹ ਦੇ ਰਾਹਾਂ ਨੂੰ ਸਿੱਧੇ ਕਰੋ। 4 ਯੂਹੰਨਾ ਆਇਆ, ਜਿਹੜਾ ਉਜਾੜ ਵਿੱਚ ਬਪਤਿਸਮਾ ਦਿੰਦਾ ਅਤੇ ਪਾਪਾਂ ਦੀ ਮਾਫ਼ੀ ਲਈ ਤੋਬਾ ਦੇ ਬਪਤਿਸਮੇ ਦਾ ਪਰਚਾਰ ਕਰਦਾ ਸੀ। 5 ਸਾਰੇ ਯਹੂਦਿਯਾ ਦੇਸ ਅਤੇ ਯਰੂਸ਼ਲਮ ਦੇ ਸਾਰੇ ਰਹਿਣ ਵਾਲੇ ਨਿੱਕਲ ਕੇ ਉਹ ਦੇ ਕੋਲ ਆਉਂਦੇ, ਅਤੇ ਆਪਣਿਆਂ ਪਾਪਾਂ ਨੂੰ ਮੰਨ ਕੇ ਯਰਦਨ ਨਦੀ ਵਿੱਚ ਉਹ ਦੇ ਹੱਥੋਂ ਬਪਤਿਸਮਾ ਲੈਂਦੇ ਸਨ। 6 ਯੂਹੰਨਾ ਦੇ ਬਸਤਰ ਊਠ ਦੇ ਵਾਲਾਂ ਦੇ ਸੀ ਅਤੇ ਚਮੜੇ ਦੀ ਪੇਟੀ ਉਸ ਦੇ ਲੱਕ ਨਾਲ ਬੰਨ੍ਹੀ ਹੋਈ ਸੀ, ਉਹ ਟਿੱਡੀਆਂ ਅਤੇ ਜੰਗਲੀ ਸ਼ਹਿਦ ਖਾਂਦਾ ਹੁੰਦਾ ਸੀ। 7 ਅਤੇ ਉਸ ਨੇ ਪਰਚਾਰ ਕੀਤਾ ਕਿ ਮੇਰੇ ਪਿਛੋਂ ਉਹ ਆਉਂਦਾ ਹੈ, ਜੋ ਮੇਰੇ ਨਾਲੋਂ ਬਲਵੰਤ ਹੈ ਅਤੇ ਮੈਂ ਇਸ ਲਾਇਕ ਨਹੀਂ ਜੋ ਝੁੱਕ ਕੇ ਉਸ ਦੀ ਜੁੱਤੀ ਦਾ ਤਸਮਾ ਖੋਲ੍ਹਾਂ। 8 ਮੈਂ ਤਾਂ ਤੁਹਾਨੂੰ ਪਾਣੀ ਨਾਲ ਬਪਤਿਸਮਾ ਦਿੰਦਾ ਹਾਂ ਪਰ ਉਹ ਤੁਹਾਨੂੰ ਪਵਿੱਤਰ ਆਤਮਾ ਨਾਲ ਬਪਤਿਸਮਾ ਦੇਵੇਗਾ। 9 ਉਨ੍ਹਾਂ ਦਿਨਾਂ ਵਿੱਚ ਅਜਿਹਾ ਹੋਇਆ ਜੋ ਯਿਸੂ ਨੇ ਗਲੀਲ ਦੇ ਨਾਸਰਤ ਤੋਂ ਆਣ ਕੇ ਯਰਦਨ ਨਦੀ ਵਿੱਚ ਯੂਹੰਨਾ ਦੇ ਹੱਥੋਂ ਬਪਤਿਸਮਾ ਲਿਆ। 10 ੧੦ ਅਤੇ ਪਾਣੀ ਵਿੱਚੋਂ ਨਿੱਕਲਦੇ ਸਾਰ ਉਸ ਨੇ ਅਕਾਸ਼ ਨੂੰ ਖੁੱਲਦਿਆਂ ਅਤੇ ਪਵਿੱਤਰ ਆਤਮਾ ਨੂੰ ਆਪਣੇ ਉੱਤੇ ਘੁੱਗੀ ਵਾਂਗੂੰ ਉੱਤਰਦਿਆਂ ਵੇਖਿਆ। 11 ੧੧ ਅਤੇ ਇੱਕ ਸਵਰਗੀ ਬਾਣੀ ਆਈ ਜੋ ਤੂੰ ਮੇਰਾ ਪਿਆਰਾ ਪੁੱਤਰ ਹੈਂ, ਤੇਰੇ ਤੋਂ ਮੈਂ ਖੁਸ਼ ਹਾਂ। 12 ੧੨ ਤਦ ਪਵਿੱਤਰ ਆਤਮਾ ਉਸੇ ਸਮੇਂ ਉਸ ਨੂੰ ਉਜਾੜ ਵਿੱਚ ਲੈ ਗਿਆ। 13 ੧੩ ਅਤੇ ਉਜਾੜ ਵਿੱਚ ਚਾਲ੍ਹੀ ਦਿਨਾਂ ਤੱਕ ਸ਼ੈਤਾਨ ਨੇ ਉਸ ਨੂੰ ਪਰਤਾਇਆ ਅਤੇ ਉਹ ਜੰਗਲੀ ਜਾਨਵਰਾਂ ਦੇ ਨਾਲ ਰਿਹਾ ਅਤੇ ਸਵਰਗ ਦੂਤ ਉਸ ਦੀ ਸੇਵਾ ਟਹਿਲ ਕਰਦੇ ਰਹੇ। 14 ੧੪ ਉਪਰੰਤ ਯੂਹੰਨਾ ਦੇ ਫੜਵਾਏ ਜਾਣ ਦੇ ਪਿੱਛੋਂ ਯਿਸੂ ਗਲੀਲ ਵਿੱਚ ਆਇਆ ਅਤੇ ਉਸ ਨੇ ਪਰਮੇਸ਼ੁਰ ਦੇ ਰਾਜ ਦੀ ਖੁਸ਼ਖਬਰੀ ਦਾ ਪਰਚਾਰ ਕਰ ਕੇ ਆਖਿਆ, 15 ੧੫ ਸਮਾਂ ਪੂਰਾ ਹੋਇਆ ਅਤੇ ਪਰਮੇਸ਼ੁਰ ਦਾ ਰਾਜ ਨੇੜੇ ਆ ਗਿਆ ਹੈ। ਤੋਬਾ ਕਰੋ ਅਤੇ ਖੁਸ਼ਖਬਰੀ ਉੱਤੇ ਵਿਸ਼ਵਾਸ ਕਰੋ। 16 ੧੬ ਗਲੀਲ ਦੀ ਝੀਲ ਦੇ ਕੰਢੇ ਉੱਤੇ ਫਿਰਦਿਆਂ ਉਸ ਨੇ ਸ਼ਮਊਨ ਅਤੇ ਉਸ ਦੇ ਭਰਾ ਅੰਦ੍ਰਿਯਾਸ ਨੂੰ ਝੀਲ ਵਿੱਚ ਜਾਲ਼ ਪਾਉਂਦਿਆਂ ਵੇਖਿਆ, ਕਿਉਂ ਜੋ ਉਹ ਮਛਵਾਰੇ ਸਨ। 17 ੧੭ ਯਿਸੂ ਨੇ ਉਨ੍ਹਾਂ ਨੂੰ ਆਖਿਆ, ਮੇਰੇ ਪਿੱਛੇ ਆਓ ਤਾਂ ਮੈਂ ਤੁਹਾਨੂੰ ਮਨੁੱਖਾਂ ਦੇ ਮਛਵਾਰੇ ਬਣਾਵਾਂਗਾ। 18 ੧੮ ਅਤੇ ਉਹ ਉਸੇ ਵੇਲੇ ਆਪਣੇ ਜਾਲ਼ਾਂ ਨੂੰ ਛੱਡ ਕੇ ਉਸ ਦੇ ਮਗਰ ਹੋ ਤੁਰੇ। 19 ੧੯ ਅਤੇ ਥੋੜੀ ਦੂਰ ਅੱਗੇ ਵੱਧ ਕੇ ਉਹ ਨੇ ਜ਼ਬਦੀ ਦੇ ਪੁੱਤਰ ਯਾਕੂਬ ਅਤੇ ਉਸ ਦੇ ਭਰਾ ਯੂਹੰਨਾ ਨੂੰ ਵੇਖਿਆ ਜੋ ਬੇੜੀ ਉੱਤੇ ਆਪਣੇ ਜਾਲ਼ਾਂ ਨੂੰ ਸਾਫ਼ ਕਰਦੇ ਸਨ। 20 ੨੦ ਅਤੇ ਉਸ ਨੇ ਤੁਰੰਤ ਉਨ੍ਹਾਂ ਨੂੰ ਸੱਦਿਆ ਅਤੇ ਉਹ ਆਪਣੇ ਪਿਤਾ ਜ਼ਬਦੀ ਨੂੰ ਮਜ਼ਦੂਰਾਂ ਨਾਲ ਬੇੜੀ ਵਿੱਚ ਛੱਡ ਕੇ ਉਸ ਦੇ ਮਗਰ ਤੁਰ ਪਏ। 21 ੨੧ ਫੇਰ ਉਹ ਕਫ਼ਰਨਾਹੂਮ ਵਿੱਚ ਆਏ ਅਤੇ ਸਬਤ ਦੇ ਦਿਨ ਉਹ ਤੁਰੰਤ ਪ੍ਰਾਰਥਨਾ ਘਰ ਵਿੱਚ ਜਾ ਕੇ ਉਪਦੇਸ਼ ਦੇਣ ਲੱਗਾ। 22 ੨੨ ਅਤੇ ਉਹ ਉਸ ਦੇ ਉਪਦੇਸ਼ ਤੋਂ ਹੈਰਾਨ ਹੋਏ ਕਿਉਂ ਜੋ ਉਹ ਉਨ੍ਹਾਂ ਦੇ ਉਪਦੇਸ਼ਕਾਂ ਵਾਂਗੂੰ ਨਹੀਂ ਪਰ ਅਧਿਕਾਰ ਵਾਲੇ ਵਾਂਗੂੰ ਉਨ੍ਹਾਂ ਨੂੰ ਉਪਦੇਸ਼ ਦਿੰਦਾ ਸੀ। 23 ੨੩ ਅਤੇ ਉਸ ਵੇਲੇ ਉਨ੍ਹਾਂ ਦੇ ਪ੍ਰਾਰਥਨਾ ਘਰ ਵਿੱਚ ਇੱਕ ਮਨੁੱਖ ਸੀ ਜਿਸ ਨੂੰ ਅਸ਼ੁੱਧ ਆਤਮਾ ਚਿੰਬੜਿਆ ਹੋਇਆ ਸੀ, ਅਤੇ ਉਹ ਉੱਚੀ ਅਵਾਜ਼ ਨਾਲ ਬੋਲਿਆ, 24 ੨੪ ਹੇ ਯਿਸੂ ਨਾਸਰੀ ਤੇਰਾ ਸਾਡੇ ਨਾਲ ਕੀ ਕੰਮ? ਕੀ ਤੂੰ ਸਾਨੂੰ ਨਾਸ ਕਰਨ ਆਇਆ ਹੈਂ? ਮੈਂ ਤੈਨੂੰ ਜਾਣਦਾ ਹਾਂ ਜੋ ਤੂੰ ਕੌਣ ਹੈਂ। ਤੂੰ ਪਰਮੇਸ਼ੁਰ ਦਾ ਪਵਿੱਤਰ ਜਨ ਹੈਂ! 25 ੨੫ ਤਾਂ ਯਿਸੂ ਨੇ ਉਹ ਨੂੰ ਝਿੜਕ ਕੇ ਕਿਹਾ, ਚੁੱਪ ਕਰ ਅਤੇ ਇਸ ਵਿੱਚੋਂ ਨਿੱਕਲ ਜਾ! 26 ੨੬ ਸੋ ਉਹ ਅਸ਼ੁੱਧ ਆਤਮਾ ਉਸ ਨੂੰ ਮਰੋੜ ਕੇ ਵੱਡੀ ਅਵਾਜ਼ ਨਾਲ ਚੀਕਾਂ ਮਾਰਦਾ ਹੋਇਆ ਉਸ ਵਿੱਚੋਂ ਨਿੱਕਲ ਗਿਆ। 27 ੨੭ ਅਤੇ ਉਹ ਸਾਰੇ ਲੋਕ ਇਸ ਗੱਲ ਤੋਂ ਹੈਰਾਨ ਹੋਏ ਕਿ ਆਪਸ ਵਿੱਚ ਚਰਚਾ ਕਰਨ ਲੱਗੇ ਜੋ ਇਹ ਕੀ ਗੱਲ ਹੈ? ਇਹ ਤਾਂ ਕੋਈ ਨਵੀਂ ਸਿੱਖਿਆ ਹੈ! ਉਹ ਤਾਂ ਅਸ਼ੁੱਧ ਆਤਮਾਵਾਂ ਨੂੰ ਅਧਿਕਾਰ ਨਾਲ ਹੁਕਮ ਦਿੰਦਾ ਹੈ, ਅਤੇ ਉਹ ਉਸ ਦੀ ਮੰਨ ਲੈਂਦੇ ਹਨ। 28 ੨੮ ਅਤੇ ਗਲੀਲ ਦੇ ਸਾਰੇ ਇਲਾਕੇ ਵਿੱਚ ਉਹ ਦਾ ਨਾਮ ਫੈਲ ਗਿਆ। 29 ੨੯ ਉਹ ਤੁਰੰਤ ਪ੍ਰਾਰਥਨਾ ਘਰ ਵਿੱਚੋਂ ਬਾਹਰ ਨਿੱਕਲ ਕੇ, ਯਾਕੂਬ ਅਤੇ ਯੂਹੰਨਾ ਸਣੇ ਸ਼ਮਊਨ ਤੇ ਅੰਦ੍ਰਿਯਾਸ ਦੇ ਘਰ ਆਏ। 30 ੩੦ ਅਤੇ ਸ਼ਮਊਨ ਦੀ ਸੱਸ ਬੁਖ਼ਾਰ ਨਾਲ ਦੁਖੀ ਪਈ ਸੀ ਤਦ ਉਨ੍ਹਾਂ ਨੇ ਉਸੇ ਵੇਲੇ ਯਿਸੂ ਨੂੰ ਖ਼ਬਰ ਦਿੱਤੀ। 31 ੩੧ ਤਦ ਉਹ ਉਸ ਕੋਲ ਆਇਆ ਅਤੇ ਉਸ ਦਾ ਹੱਥ ਫੜ੍ਹ ਕੇ ਉੱਠਾਇਆ ਤਾਂ ਉਹ ਦਾ ਬੁਖ਼ਾਰ ਉਤਰ ਗਿਆ ਅਤੇ ਉਸ ਨੇ ਉਨ੍ਹਾਂ ਦੀ ਸੇਵਾ ਕੀਤੀ। 32 ੩੨ ਅਤੇ ਸ਼ਾਮ ਨੂੰ ਜਦੋਂ ਸੂਰਜ ਡੁੱਬ ਗਿਆ ਤਾਂ ਲੋਕ ਸਾਰੇ ਰੋਗੀਆਂ ਅਤੇ ਜਿਨ੍ਹਾਂ ਨੂੰ ਭੂਤ ਚਿੰਬੜੇ ਹੋਏ ਸਨ, ਉਸ ਕੋਲ ਲਿਆਏ। 33 ੩੩ ਅਤੇ ਸਾਰਾ ਨਗਰ ਦਰਵਾਜ਼ੇ ਉੱਤੇ ਇਕੱਠਾ ਹੋਇਆ। 34 ੩੪ ਅਤੇ ਉਸ ਨੇ ਬਹੁਤਿਆਂ ਨੂੰ ਜਿਹੜੇ ਭਾਂਤ-ਭਾਂਤ ਦੇ ਰੋਗੀ ਸਨ, ਚੰਗਾ ਕੀਤਾ ਅਤੇ ਬਹੁਤ ਸਾਰੇ ਭੂਤਾਂ ਨੂੰ ਕੱਢ ਦਿੱਤਾ ਅਤੇ ਭੂਤਾਂ ਨੂੰ ਬੋਲਣ ਨਾ ਦਿੱਤਾ ਕਿਉਂ ਜੋ ਉਹ ਉਸ ਨੂੰ ਪਛਾਣਦੀਆਂ ਸਨ। 35 ੩੫ ਉਹ ਵੱਡੇ ਤੜਕੇ, ਦਿਨ ਨਿੱਕਲਣ ਤੋਂ ਬਹੁਤ ਪਹਿਲਾਂ ਉੱਠ ਕੇ ਬਾਹਰ ਨਿੱਕਲਿਆ ਅਤੇ ਇੱਕ ਉਜਾੜ ਥਾਂ ਵਿੱਚ ਜਾ ਕੇ ਉੱਥੇ ਪ੍ਰਾਰਥਨਾ ਕੀਤੀ। 36 ੩੬ ਅਤੇ ਸ਼ਮਊਨ ਅਤੇ ਉਹ ਦੇ ਸਾਥੀ ਉਸ ਦੇ ਪਿੱਛੇ ਗਏ। 37 ੩੭ ਅਤੇ ਜਦੋਂ ਉਨ੍ਹਾਂ ਨੇ ਉਸ ਨੂੰ ਲੱਭ ਲਿਆ ਤਾਂ ਉਸ ਨੂੰ ਕਿਹਾ, ਤੁਹਾਨੂੰ ਸਭ ਲੱਭਦੇ ਹਨ। 38 ੩੮ ਉਸ ਨੇ ਉਨ੍ਹਾਂ ਨੂੰ ਕਿਹਾ, ਆਓ, ਕਿਸੇ ਹੋਰ ਪਾਸੇ ਨੇੜੇ ਦੇ ਨਗਰਾਂ ਵਿੱਚ ਚੱਲੀਏ ਤਾਂ ਜੋ ਮੈਂ ਉੱਥੇ ਵੀ ਪਰਚਾਰ ਕਰਾਂ ਕਿਉਂਕਿ ਮੈਂ ਇਸੇ ਲਈ ਨਿੱਕਲਿਆ ਹਾਂ। 39 ੩੯ ਉਹ ਸਾਰੇ ਗਲੀਲ ਵਿੱਚ ਉਨ੍ਹਾਂ ਦੇ ਪ੍ਰਾਰਥਨਾ ਘਰਾਂ ਵਿੱਚ ਜਾ ਕੇ ਪਰਚਾਰ ਕਰਦਾ ਅਤੇ ਭੂਤਾਂ ਨੂੰ ਕੱਢਦਾ ਰਿਹਾ। 40 ੪੦ ਅਤੇ ਇੱਕ ਕੋੜ੍ਹੀ ਨੇ ਪ੍ਰਭੂ ਯਿਸੂ ਦੇ ਕੋਲ ਆ ਕੇ ਉਸ ਦੀ ਮਿੰਨਤ ਕੀਤੀ, ਅਤੇ ਉਸ ਦੇ ਅੱਗੇ ਗੋਡੇ ਟੇਕ ਕੇ ਉਸ ਨੂੰ ਕਿਹਾ, ਜੇ ਤੁਸੀਂ ਚਾਹੋਂ ਤਾਂ ਮੈਨੂੰ ਸ਼ੁੱਧ ਕਰ ਸਕਦੇ ਹੋ। 41 ੪੧ ਅਤੇ ਉਸ ਨੇ ਤਰਸ ਖਾ ਕੇ ਆਪਣਾ ਹੱਥ ਵਧਾਇਆ ਅਤੇ ਉਹ ਨੂੰ ਛੂਹ ਕੇ ਕਿਹਾ, ਮੈਂ ਚਾਹੁੰਦਾ ਹਾਂ, ਤੂੰ ਸ਼ੁੱਧ ਹੋ ਜਾ। 42 ੪੨ ਤਾਂ ਉਸੇ ਵੇਲੇ ਉਹ ਦਾ ਕੋੜ੍ਹ ਜਾਂਦਾ ਰਿਹਾ ਅਤੇ ਉਹ ਸ਼ੁੱਧ ਹੋ ਗਿਆ! 43 ੪੩ ਤਦ ਉਸ ਨੇ ਉਹ ਨੂੰ ਚਿਤਾਵਨੀ ਦੇ ਕੇ ਉਸੇ ਸਮੇਂ ਭੇਜ ਦਿੱਤਾ। 44 ੪੪ ਅਤੇ ਉਹ ਨੂੰ ਇਹ ਕਿਹਾ, ਵੇਖ ਕਿਸੇ ਨੂੰ ਕੁਝ ਨਾ ਦੱਸੀਂ ਪਰ ਜਾ ਕੇ ਆਪਣੇ ਆਪ ਨੂੰ ਜਾਜਕ ਨੂੰ ਵਿਖਾ ਅਤੇ ਆਪਣੇ ਸ਼ੁੱਧ ਹੋਣ ਦੇ ਕਾਰਨ ਜਿਹੜੀ ਭੇਟ ਮੂਸਾ ਨੇ ਠਹਿਰਾਈ ਚੜ੍ਹਾ ਤਾਂ ਜੋ ਉਨ੍ਹਾਂ ਲਈ ਗਵਾਹੀ ਹੋਵੇ। 45 ੪੫ ਪਰ ਉਹ ਬਾਹਰ ਜਾ ਕੇ ਬਹੁਤ ਚਰਚਾ ਕਰਨ ਲੱਗਾ ਅਤੇ ਇਸ ਗੱਲ ਨੂੰ ਉਜਾਗਰ ਕੀਤਾ ਜੋ ਪ੍ਰਭੂ ਯਿਸੂ ਫੇਰ ਨਗਰ ਵਿੱਚ ਖੁੱਲਮ-ਖੁੱਲ੍ਹਾ ਨਾ ਵੜ ਸਕਿਆ ਪਰ ਬਾਹਰ ਉਜਾੜ ਥਾਵਾਂ ਵਿੱਚ ਰਿਹਾ ਅਤੇ ਲੋਕ ਚੁਫ਼ੇਰਿਓਂ ਉਹ ਦੇ ਕੋਲ ਆਉਂਦੇ ਜਾਂਦੇ ਸਨ।

< ਮਰਕੁਸ 1 >